ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰਨ ਲਈ ਇਕ 9 ਮੈਂਬਰੀ ਕਮੇਟੀ ਬਣਾਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸਕੂਲੀ ਬੱਚਿਆਂ ਨੂੰ ਇਤਿਹਾਸ ਨਾਲ ਛੇੜਛਾੜ ਵਾਲੀਆਂ ਕਿਤਾਬਾਂ ਜ਼ਬਰਦਸਤੀ ਵੰਡਣ ਲਈ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ। ਇੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਜੁੜੀ ਕੋਰ ਕਮੇਟੀ ਨੇ ਇਸ ਸਾਲ ਕਿਸਾਨਾਂ ਨੂੰ ਝੋਨੇ ਦੀ ਬੀਜਾਈ 10 ਦਿਨ ਲੇਟ ਕਰਨ ਲਈ ਨਾਦਰਸ਼ਾਹੀ ਹੁਕਮ ਦੇਣ ਵਾਸਤੇ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਵੀ ਕੀਤੀ। ਕੋਰ ਕਮੇਟੀ ਨੇ ਮੰਗ ਕੀਤੀ ਕਿ ਸਰਕਾਰ ਦੇ ਝੋਨੇ ਦੀ ਲੇਟ ਬੀਜਾਈ ਕਰਵਾਉਣ ਦੇ ਗਲਤ ਫੈਸਲੇ ਕਰਕੇ ਘਟੇ ਝਾੜ ਅਤੇ ਕਣਕ ਦੀ ਪੱਛੜੀ ਬੀਜਾਈ ਸਮੇਤ ਹੋਏ ਸਾਰੇ ਨੁਕਸਾਨਾਂ ਦੀ ਭਰਪਾਈ ਲਈ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਕੋਰ ਕਮੇਟੀ ਨੇ ਗੰਨੇ ਦੀ ਵਧੀ ਹੋਈ ਐੱਮ. ਐੱਸ .ਪੀ. ਦਾ ਐਲਾਨ ਨਾ ਕਰਨ ਲਈ ਵੀ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ। ਕਮੇਟੀ ਨੇ ਸਰਕਾਰ ਨੂੰ ਕਿਸਾਨਾਂ ਦੇ ਗੰਨੇ ਦੇ ਬਕਾਏ ਵੀ ਤੁਰੰਤ ਦੇਣ ਲਈ ਆਖਦਿਆਂ ਐਲਾਨ ਕੀਤਾ ਕਿ ਪਾਰਟੀ ਵੱਲੋਂ ਗੰਨਾ ਉਤਪਾਦਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਹੱਕ ਵਿਚ 26 ਨਵੰਬਰ ਨੂੰ ਗੁਰਦਾਸਪੁਰ ਵਿਖੇ ਅਤੇ 28 ਨਵੰਬਰ ਨੂੰ ਮੋਰਿੰਡਾ ਵਿਖੇ ਦੋ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਕੋਰ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਵਾਸਤੇ ਇਕ 9-ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਇਸ ਕਮੇਟੀ ਵਿਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਡਾ. ਉਪਿੰਦਰਜੀਤ ਕੌਰ, ਬੀਬੀ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਚਰਨ ਬੈਂਸ ਨੂੰ ਸ਼ਾਮਲ ਕੀਤਾ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਇਸ ਕਮੇਟੀ ਦਾ ਕੋ-ਆਰਡੀਨੇਟਰ ਬਣਾਇਆ ਗਿਆ ਹੈ।
ਕੋਰ ਕਮੇਟੀ ਨੇ ਪ੍ਰੋ. ਕਿਰਪਾਲ ਸਿੰਘ ਵੱਲੋਂ ਲਿਖੇ ਪੱਤਰ ਬਾਰੇ ਵੀ ਚਰਚਾ ਕੀਤੀ, ਜਿਸ ਵਿਚ ਸਪੱਸ਼ਟੀਕਰਨ ਦਿੱਤਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 11ਵੀਂ ਅਤੇ 12ਵੀਂ ਦੀਆਂ ਇਤਿਹਾਸ ਦੀਆਂ ਨਵੀਆਂ ਕਿਤਾਬਾਂ ਵਿਚ ਇਤਿਹਾਸ ਬਾਰੇ ਗਲਤ ਬਿਆਨੀ ਕਿਵੇਂ ਪ੍ਰਕਾਸ਼ਿਤ ਹੋਈ। ਕਮੇਟੀ ਨੇ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਨੇ ਨਾ ਸਿਰਫ ਅਕਾਲੀ ਦਲ ਦੇ ਸਟੈਂਡ ਦੀ ਪ੍ਰੋੜਤਾ ਕਰ ਦਿੱਤੀ ਹੈ, ਸਗੋਂ ਅਜਿਹੀ ਅਸਹਿ ਛੇੜਛਾੜ ਰਾਹੀਂ ਗੁਰੂ ਸਾਹਿਬਾਨ ਦੇ ਕੀਤੇ ਨਿਰਾਦਰ ਲਈ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਹੁਣ ਪ੍ਰੋ. ਕਿਰਪਾਲ ਸਿੰਘ ਨੇ ਖੁਦ ਸਵੀਕਾਰ ਕਰ ਲਿਆ ਹੈ ਕਿ ਇਤਿਹਾਸ ਦੀਆਂ ਕਿਤਾਬਾਂ ਨਾਲ ਛੇੜਛਾੜ ਕੀਤੀ ਗਈ ਹੈ ਅਤੇ ਉਨ੍ਹਾਂ ਵਲੋਂ ਇਸ ਬਾਰੇ ਲਿਖ਼ਤੀ ਇਤਰਾਜ਼ ਦਿੱਤੇ ਜਾਣ ਦੇ ਬਾਵਜੂਦ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਜਬਰੀ ਇਹ ਪੁਸਤਕਾਂ ਜਾਰੀ ਕੀਤੀਆਂ। ਕਮੇਟੀ ਨੇ ਕਿਹਾ ਕਿ ਸਿੱਖਿਆ ਮੰਤਰੀ ਨੂੰ ਤੁਰੰਤ ਕੈਬਨਿਟ ਵਿਚੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਸੂਬਾ ਸਰਕਾਰ ਵੱਲੋਂ ਕੇਂਦਰ ਕੋਲੋਂ ਹਾਸਿਲ ਕੀਤੇ ਦਲਿਤ ਵਿਦਿਆਰਥੀਆਂ ਦੇ ਵਜ਼ੀਫਿਆਂ ਦੀ ਰਾਸ਼ੀ ਦੇ 444 ਕਰੋੜ ਰੁਪਏ ਤੁਰੰਤ ਜਾਰੀ ਕਰਵਾਉਣ ਲਈ ਪਾਰਟੀ ਵੱਲੋਂ 14 ਨਵੰਬਰ ਨੂੰ ਜਲੰਧਰ ਵਿਖੇ ਧਰਨਾ ਦਿੱਤਾ ਜਾਵੇਗਾ। ਕਮੇਟੀ ਨੇ ਕਿਹਾ ਕਿ ਦਲਿਤ ਵਜ਼ੀਫਿਆਂ ਲਈ ਆਏ ਕੇਂਦਰੀ ਫੰਡਾਂ ਦੀ ਦੁਰਵਰਤੋਂ ਬਾਰੇ ਉੱਚ ਪੱਧਰੀ ਜਾਂਚ ਕਰਵਾਉਣ ਲਈ ਪਾਰਟੀ ਵੱਲੋਂ ਰਾਜ ਭਰ ਵਿਚ ਅੰਦੋਲਨ ਛੇੜਿਆ ਜਾਵੇਗਾ। ਮੀਟਿੰਗ 'ਚ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰੰਘ, ਪ੍ਰੇਮ ਸਿੰਘ ਚੰਦੂਮਾਜਰਾ, ਨਿਰਮਲ ਸਿੰਘ ਕਾਹਲੋਂ, ਹਰੀ ਸਿੰਘ ਜ਼ੀਰਾ, ਗੁਲਜ਼ਾਰ ਸਿੰਘ ਰਣੀਕੇ, ਉਪਿੰਦਰਜੀਤ ਕੌਰ, ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਡਾਕਟਰ ਦਲਜੀਤ ਸਿੰਘ ਚੀਮਾ, ਬਲਦੇਵ ਸਿੰਘ ਮਾਨ ਅਤੇ ਅਵਤਾਰ ਸਿੰਘ ਹਿੱਤ ਨੇ ਵੀ ਹਿੱਸਾ ਲਿਆ।
0 comments:
Post a Comment