ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਲਕੇ ਰਵਾਨਾ ਹੋਵੇਗਾ ਪਹਿਲਾ ਜਥਾ

ਹੇਮਕੁੰਟ ਸਾਹਿਬ, 29 ਮਈ -ਹਿਮਾਲਿਆ ਦੀਆਂ 7 ਖੂਬਸੂਰਤ ਵਾਦੀਆਂ ਵਿਚ ਸੁਸ਼ੋਭਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 1 ਜੂਨ ਤੋਂ ਸ਼ੁਰੂ ਹੋ ਰਹੀ ਹੈ ਜਿਸ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ 31 ਮਈ ਨੂੰ ਗੁਰਦੁਆਰਾ ਗੋਬਿੰਦਘਾਟ ਸਾਹਿਬ ਤੋਂ ਰਵਾਨਾ ਹੋਵੇਗਾ | ਉਕਤ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਦੇ ਮੈਨੇਜਰ ਸ: ਦਰਸ਼ਨ ਸਿੰਘ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਪ੍ਰਸ਼ਾਸਨ ਅਤੇ ਸਰਕਾਰ ਦੇ ਸਹਿਯੋਗ ਨਾਲ ਯਾਤਰਾ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਸ: ਦਰਸ਼ਨ ਸਿੰਘ ਨੇ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਲੰਗਰ, ਰਿਹਾਇਸ਼, ਸਿਹਤ ਸੇਵਾਵਾਂ ਤੋਂ ਇਲਾਵਾ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਤਹਿਤ ਹਰਿਦੁਆਰ, ਰਿਸ਼ੀਕੇਸ਼, ਸ੍ਰੀਨਗਰ, ਜੋਸ਼ੀਮੱਠ, ਗੋਬਿੰਦਘਾਟ ਅਤੇ ਗੋਬਿੰਦਧਾਮ ਆਦਿ ਸਥਾਨਾਂ ਵਿਖੇ ਬਣਾਈਆਂ ਗਈਆਂ ਸਰਾਵਾਂ ਵਿਚ ਟਰੱਸਟ ਵਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਕਿ 24 ਘੰਟੇ ਸੰਗਤ ਦੀ ਸੇਵਾ ਵਿਚ ਹਾਜ਼ਰ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਗੋਬਿੰਦਘਾਟ ਜ਼ਿਲ੍ਹਾ ਚਮੋਲੀ ਤੋਂ ਪੈਦਲ ਸ਼ੁਰੂ ਹੋਣ ਵਾਲੀ ਯਾਤਰਾ 'ਚ ਹੈਲੀਕਾਪਟਰ, ਘੋੜੇ-ਖੱਚਰ ਅਤੇ ਡਾਂਡੀ-ਕਾਂਡੀ ਦੀਆਂ ਸਹੂਲਤਾਂ ਵੀ ਮੁਹੱਈਆਂ ਹੋਣਗੀਆਂ |

ਉਨ੍ਹਾਂ ਦੱਸਿਆ ਕਿ ਮੌਸਮ ਦੇ ਬਦਲੇ ਮਿਜਾਜ ਕਾਰਨ ਵਧੇਰੇ ਬਰਫਬਾਰੀ ਦੇ ਚੱਲਦਿਆਂ ਇਸ ਵਾਰ ਕਰੀਬ ਇਕ ਹਫ਼ਤਾ ਦੇਰੀ ਨਾਲ ਯਾਤਰਾ ਸ਼ੁਰੂ ਕਰਨ ਦਾ ਟਰੱਸਟ ਵਲੋਂ ਫ਼ੈਸਲਾ ਕੀਤਾ ਗਿਆ ਤਾਂ ਜੋ ਸੰਗਤ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਇਸ ਦੇ ਬਾਵਜੂਦ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ

ਵਲੋਂ ਸਿਜਦਾ ਕੀਤੇ ਜਾਣ ਦੀ ਉਮੀਦ ਹੈ ਅਤੇ ਯਾਤਰਾ ਦੇ ਪਹਿਲੇ ਪੜਾਅ ਰਿਸ਼ੀਕੇਸ ਵਿਖੇ ਸੰਗਤ ਵੱਡੀ ਤਾਦਾਦ ਵਿਚ ਭਾਰੀ ਉਤਸ਼ਾਹ ਨਾਲ ਪਹੁੰਚ ਰਹੀ ਹੈ |ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਹੀ ਅਜਿਹੀ ਇਕਲੌਤੀ ਸੰਸਥਾ ਹੈ ਜੋ ਕਰੀਬ 300 ਕਿੱਲੋਮੀਟਰ ਦੀ ਯਾਤਰਾ ਦੌਰਾਨ ਹਰੇਕ ਸਹੂਲਤ ਮੁਹੱਈਆ ਕਰਵਾਉਂਦੀ ਹੈ, ਤਾਂ ਜੋ ਸੰਗਤ ਨੂੰ ਸੁਖਦ ਅਤੇ ਸਰਲ ਯਾਤਰਾ ਕਰਵਾਈ ਜਾ ਸਕੇ | ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਪਹੁੰਚ ਰਹੇ ਸ਼ਰਧਾਲੂਆਂ ਦੀ ਜਿੱਥੇ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ, ਉੱਥੇ ਹੀ ਤੀਰਥ ਯਾਤਰੀਆਂ ਨੂੰ ਯਾਤਰਾ ਮਾਰਗ ਦੀ ਮੁਕੰਮਲ ਜਾਣਕਾਰੀ ਉਪਲੱਬਧ ਕਰਵਾਉਣ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ |

ਯਾਤਰਾ ਦੌਰਾਨ ਦੋਪਹੀਆ ਵਾਹਨਾਂ ਤੋਂ ਗੁਰੇਜ਼ ਕਰਨ ਦੀ ਅਪੀਲ


ਦਰਸ਼ਨ ਸਿੰਘ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਯਾਤਰਾ ਦੌਰਾਨ ਖ਼ਾਸ ਕਰਕੇ ਨੌਜਵਾਨਾਂ ਵਲੋਂ ਦੋਪਹੀਆ ਵਾਹਨਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਟ੍ਰੈਫ਼ਿਕ ਨਿਯਮਾਂ ਨੂੰ ਅੱਖੋਂ-ਪਰੋਖੇ ਕੀਤੇ ਜਾਣ ਕਾਰਨ ਕਈ ਵਾਰ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਯਾਤਰਾ ਨੂੰ ਸੁਖਦ ਅਤੇ ਸਰਲ ਬਣਾਉਣ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਕੀਤੀ ਜਾਵੇ | ਇਸ ਮੌਕੇ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਪਹੁੰਚੀ ਸੰਗਤ ਨੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਬੜੀ ਬੇਸਬਰੀ ਨਾਲ ਇਸ ਯਾਤਰਾ ਦਾ ਇੰਤਜ਼ਾਰ ਕਰ ਰਹੇ ਸਨ, ਕਿਉਂਕਿ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ |

Share on Google Plus

About Ravi

0 comments:

Post a Comment