ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਤੇ ਬਾਕੀ ਖਪਤਕਾਰਾਂ ਨੂੰ 24 ਘੰਟੇ ਮਿਲੇਗੀ ਬਿਜਲੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ।

ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ ਦੇ ਪ੍ਰਬੰਧਾਂ ਸਬੰਧੀ ਇਕ ਮੀਟਿੰਗ ਦੌਰਾਨ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਖੇਤੀਬਾੜੀ ਲਈ 100 ਫੀਸਦੀ ਲਾਗਤ ਸਬਸਿਡੀ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼ੇ੍ਰਣੀਆਂ ਲਈ ਮੁਫ਼ਤ ਬਿਜਲੀ ਦੇਣ ਲਈ ਵੀ ਦਿੜ੍ਹ ਹੈ। ਮੀਟਿੰਗ ਦੌਰਾਨ 14,000 ਮੈਗਾਵਾਟ ਦੀ ਮੰਗ ਨਾਲ ਨਿਪਟਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ। ਹਾਲਾਂਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਡ ਵੱਲੋਂ 13,500 ਮੈਗਾਵਾਟ ਦੀ ਮੰਗ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੁੱਖ ਮੰਤਰੀ ਨੇ ਗਰਮੀਆਂ ਦੌਰਾਨ 24 ਘੰਟੇ ਅਤੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਵਿੱਤੀ ਸਾਲ 2018-19 ਦੌਰਾਨ ਪੰਜਾਬ ਦੇ 34,52,600 ਖਪਤਕਾਰਾਂ ਨੂੰ 8855 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਸਾਲ 2019-20 ਦੌਰਾਨ 37,40,348 ਖਪਤਕਾਰਾਂ ਨੂੰ 9674 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਐਸ.ਸੀ., ਗੈਰ-ਐਸ.ਸੀ. ਬੀ.ਪੀ.ਐਲ. ਅਤੇ ਬੀ.ਸੀ. ਘਰੇਲੂ ਖਪਤਕਾਰਾਂ ਨੂੰ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮੁਹੱਈਆ ਕਰਾਈ ਜਾ ਰਹੀ ਹੈ।
Share on Google Plus

About Ravi

0 comments:

Post a Comment